Latest News

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕੁੱਕੜ ਪਿੰਡ ਵਿਖੇ ਬਰਸਾਤੀ ਪਾਣੀ ਤੋਂ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਸਮੱਗਰੀ ਵੰਡੀ

ਕਿਹਾ, ਇਸ ਔਖੀ ਘੜੀ ’ਚ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਪੰਜਾਬ ਸਰਕਾਰ

ਚਿੱਟੀ ਵੇਈਂ ਦਾ ਲਿਆ ਜਾਇਜ਼ਾ, ਲੋਕਾਂ ਨੂੰ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

ਜਲੰਧਰ, 3 ਸਤੰਬਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵਲੋਂ ਪਿਛਲੀ ਦਿਨੀਂ ਲਗਾਤਾਰ ਭਾਰੀ ਬਾਰਿਸ਼ ਕਾਰਨ ਚਿੱਟੀ ਵੇਈਂ ਵਿਚ ਪਾਣੀ ਦਾ ਪੱਧਰ ਵਧਣ ਕਰਕੇ ਪ੍ਰਭਾਵਿਤ ਹੋਏ ਕੁੱਕੜ ਪਿੰਡ ਦੇ ਪਰਿਵਾਰਾਂ ਨੂੰ ਅੱਜ ਰਾਹਤ ਸਮੱਗਰੀ ਵੰਡੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਾਜਵਿੰਦਰ ਕੌਰ ਥਿਆੜਾ ਵੀ ਮੌਜੂਦ ਸਨ। 

ਇਸ ਮੌਕੇ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ, ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਨਾਲ ਪੂਰੀ ਮਜ਼ਬੂਤੀ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ਤੋਂ ਲਗਾਤਾਰ ਪੈ ਰਹੀ ਬਾਰਿਸ਼ ਕਰਕੇ ਚਿੱਟੀ ਵੇਈਂ ਵਿੱਚ ਪਾਣੀ ਦਾ ਪੱਧਰ ਵਧਿਆ ਹੈ, ਜਿਸ ਦਾ ਅਸਰ ਵੇਈਂ ਨੇੜਲੇ ਨੀਂਵੇਂ ਇਲਾਕਿਆਂ ਵਿੱਚ ਰਹਿੰਦੇ ਲੋਕਾਂ ’ਤੇ ਹੋਇਆ। ਉਨ੍ਹਾਂ ਲੋਕਾਂ ਨੂੰ ਭਰੋਸਾ ਦੁਆਇਆ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਇਸ ਮੁਸ਼ਕਲ ਘੜੀ ਵਿੱਚ ਉਨ੍ਹਾਂ ਨੂੰ ਇਕੱਲਾ ਨਹੀਂ ਛੱਡੇਗੀ ਅਤੇ ਉਨ੍ਹਾਂ ਨੂੰ ਰਾਹਤ ਪਹੁੰਚਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਪ੍ਰਭਾਵਿਤ ਲੋਕਾਂ ਨੂੰ ਅੱਜ ਜੋ ਰਾਹਤ ਸਮੱਗਰੀ ਵੰਡੀ ਗਈ ਹੈ, ਉਸ ਵਿੱਚ ਰਾਸ਼ਨ ਅਤੇ ਤਰਪਾਲਾਂ ਤੋਂ ਇਲਾਵਾ ਹੋਰ ਲੋੜੀਂਦਾ ਸਾਮਾਨ ਸ਼ਾਮਿਲ ਹੈ। ਉਨ੍ਹਾਂ ਲੋਕਾਂ ਨੂੰ ਇਹ ਵੀ ਭਰੋਸਾ ਦੁਆਇਆ ਕਿ ਉਨ੍ਹਾਂ ਦੀ ਲੋੜ ਅਨੁਸਾਰ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰ ਸਹੂਲਤ ਸਮੇਂ ਸਿਰ ਮੁਹੱਈਆ ਕਰਵਾਈ ਜਾ ਰਹੀ ਹੈ।

ਇਸ ਉਪਰੰਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਵਲੋਂ ਚਿੱਟੀ ਵੇਈਂ ਵਿੱਚ ਪਾਣੀ ਦੇ ਵਹਾਅ ਅਤੇ ਪਾਣੀ ਤੋਂ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਵੀ ਲਿਆ ਗਿਆ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਲੋਕਾਂ ਨਾਲ ਲਗਾਤਾਰ ਰਾਬਤਾ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਕੰਮ ਵਿੱਚ ਕਿਸੇ ਵੀ ਪ੍ਰਕਾਰ ਦੀ ਅਣਗਹਿਲੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Leave feedback about this

  • Service
Choose Image