ਗੈਂਗਸਟਰਾਂ ਦੇ ਨੰਗੇ ਨਾਚ ਨਾਲ ਲੋਕ ਡਰੇ ਹੋਏ, ਸਰਕਾਰ ਚੁਟਕਲੇ ਸੁਣਾਉਣ ਵਿੱਚ ਮਸ਼ਗੂਲ : ਕੁਲਵੰਤ ਰਾਏ ਸਿੰਗਲਾ
ਮਾਨਸਾ ਤੋਂ ਵੱਡੀ ਗਿਣਤੀ ’ਚ ਕਾਫ਼ਲਾ ਹੋਇਆ ਵਿਧਾਨ ਸਭਾ ਦੇ ਘਿਰਾਓ ਲਈ ਰਵਾਨਾ
ਮਾਨਸਾ, 6 ਮਾਰਚ:
ਪੰਜਾਬ ਵਿੱਚ ਵਧ ਰਹੀਆਂ ਅਪਰਾਧਕ ਘਟਨਾਵਾਂ ਅਤੇ ਗੈਂਗਸਟਰਵਾਦ ਨੂੰ ਲੈ ਕੇ ਕਾਂਗਰਸ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ ਹੈ। ਜ਼ਿਲਾ ਕਾਂਗਰਸ ਕਮੇਟੀ ਮਾਨਸਾ ਦੇ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਦੌਰਾਨ ਦਿਨ ਦਿਹਾੜੇ ਕਤਲੇਆਮ, ਲੁੱਟਖੋਹ ਅਤੇ ਗੁੰਡਾਗਰਦੀ ਦਾ ਮਾਹੌਲ ਬਣ ਗਿਆ ਹੈ ਅਤੇ ਗੈਂਗਸਟਰਾਂ ਵੱਲੋਂ ਖੁੱਲ੍ਹੇਆਮ ਨੰਗਾ ਨਾਚ ਨੱਚਿਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਦੇ ਮੁੱਖ ਮੰਤਰੀ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਬਜਾਏ ਚੁਟਕਲੇ ਸੁਣਾ ਕੇ ਪੰਜਾਬੀਆਂ ਨੂੰ ਗੁਮਰਾਹ ਕਰਨ ਵਿੱਚ ਲੱਗੇ ਹੋਏ ਹਨ।
ਸਿੰਗਲਾ ਨੇ ਇਹ ਗੱਲ ਮਾਨਸਾ ਜ਼ਿਲੇ ਵਿਚੋਂ ਇਕ ਵੱਡੇ ਕਾਫਲੇ ਸਮੇਤ ਕਾਂਗਰਸ ਵਲੋਂ ਰੱਖੇ ਵਿਧਾਨ ਸਭਾ ਦੇ ਘਿਰਾਓ ਲਈ ਰਵਾਨਾ ਹੋਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਬਹੁਤ ਹੀ ਚਿੰਤਾਜਨਕ ਬਣ ਚੁੱਕੀ ਹੈ ਅਤੇ ਆਮ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਹਰ ਰੋਜ਼ ਕਤਲ, ਲੁੱਟ, ਗੋਲੀਬਾਰੀ ਅਤੇ ਫਿਰੌਤੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜਿਸ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਗੈਂਗਸਟਰਾਂ ਦਾ ਦਬਦਬਾ ਇਸ ਹੱਦ ਤੱਕ ਵੱਧ ਗਿਆ ਹੈ ਕਿ ਹੁਣ ਉਹ ਆਮ ਲੋਕਾਂ ਤੋਂ ਲੈ ਕੇ ਵੱਡੇ ਵਪਾਰੀਆਂ ਅਤੇ ਸਿਆਸੀ ਆਗੂਆਂ ਤੱਕ ਨੂੰ ਧਮਕੀਆਂ ਦੇ ਕੇ ਫਿਰੌਤੀਆਂ ਮੰਗ ਰਹੇ ਹਨ। ਸਿੰਗਲਾ ਨੇ ਦੋਸ਼ ਲਗਾਇਆ ਕਿ ਕਈ ਮਾਮਲਿਆਂ ਵਿੱਚ ਲੋਕ ਡਰ ਦੇ ਮਾਰੇ ਪੁਲਿਸ ਕੋਲ ਜਾਣ ਤੋਂ ਵੀ ਕਤਰਾਉਂਦੇ ਹਨ ਕਿਉਂਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਉਨ੍ਹਾਂ ਦੀ ਸੁਰੱਖਿਆ ਯਕੀਨੀ ਨਹੀਂ ਬਣਾਈ ਜਾ ਸਕਦੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਦੌਰਾਨ ਲੋਕਾਂ ਨਾਲ ਕਈ ਵੱਡੇ ਵਾਅਦੇ ਕੀਤੇ ਸਨ ਅਤੇ ਕਿਹਾ ਸੀ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕੀਤਾ ਜਾਵੇਗਾ ਅਤੇ ਅਪਰਾਧ ‘ਤੇ ਕਾਬੂ ਪਾਇਆ ਜਾਵੇਗਾ। ਪਰ ਹਕੀਕਤ ਇਹ ਹੈ ਕਿ ਸਰਕਾਰ ਬਣਨ ਤੋਂ ਬਾਅਦ ਅਪਰਾਧਕ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਸਰਕਾਰ ਇਸ ਨੂੰ ਰੋਕਣ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਲੋਕਾਂ ਦੀਆਂ ਮੁੱਖ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਅਸਫਲ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਦਾ ਧਿਆਨ ਸਿਰਫ਼ ਪ੍ਰਚਾਰ ਅਤੇ ਇਸ਼ਤਿਹਾਰਬਾਜ਼ੀ ‘ਤੇ ਕੇਂਦ੍ਰਿਤ ਹੈ, ਜਦਕਿ ਜਮੀਨੀ ਹਕੀਕਤ ਇਹ ਹੈ ਕਿ ਲੋਕਾਂ ਨੂੰ ਆਪਣੀ ਜਾਨ ਅਤੇ ਮਾਲ ਦੀ ਸੁਰੱਖਿਆ ਲਈ ਚਿੰਤਾ ਸਤਾਉਣ ਲੱਗੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨ-ਵਿਵਸਥਾ ਕਿਸੇ ਵੀ ਰਾਜ ਦੀ ਮੂਲ ਜ਼ਿੰਮੇਵਾਰੀ ਹੁੰਦੀ ਹੈ ਅਤੇ ਜੇਕਰ ਲੋਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰਦੇ ਤਾਂ ਇਹ ਸਰਕਾਰ ਦੀ ਸਭ ਤੋਂ ਵੱਡੀ ਨਾਕਾਮੀ ਮੰਨੀ ਜਾਂਦੀ ਹੈ। ਸਿੰਗਲਾ ਨੇ ਕਿਹਾ ਕਿ ਪੰਜਾਬ ਵਿੱਚ ਇਸ ਸਮੇਂ ਅਜਿਹੀ ਹੀ ਸਥਿਤੀ ਬਣ ਚੁੱਕੀ ਹੈ, ਜਿੱਥੇ ਆਮ ਲੋਕਾਂ ਦੇ ਨਾਲ ਨਾਲ ਵਪਾਰੀ ਵਰਗ ਵੀ ਡਰ ਦੇ ਸਾਏ ਹੇਠ ਜੀ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਲਗਾਤਾਰ ਗੋਲੀਬਾਰੀ, ਕਤਲ ਅਤੇ ਫਿਰੌਤੀ ਮੰਗਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ, ਜਿਸ ਨਾਲ ਲੋਕਾਂ ਵਿੱਚ ਅਸੁਰੱਖਿਆ ਦੀ ਭਾਵਨਾ ਵਧ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਅਪਰਾਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਵਿੱਚ ਨਾਕਾਮ ਰਹੀ ਹੈ, ਜਿਸ ਕਾਰਨ ਗੈਂਗਸਟਰਾਂ ਦੇ ਹੌਸਲੇ ਬੁਲੰਦ ਹੋ ਰਹੇ ਹਨ। ਸਿੰਗਲਾ ਨੇ ਕਿਹਾ ਕਿ ਜੇਕਰ ਸਰਕਾਰ ਸਮੇਂ ਸਿਰ ਕੜੇ ਕਦਮ ਨਾ ਚੁੱਕੇ ਤਾਂ ਇਹ ਸਥਿਤੀ ਹੋਰ ਵੀ ਗੰਭੀਰ ਹੋ ਸਕਦੀ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਗੈਂਗਸਟਰਵਾਦ ਅਤੇ ਅਪਰਾਧ ‘ਤੇ ਕਾਬੂ ਪਾਉਣ ਲਈ ਤੁਰੰਤ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ ਅਤੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਦਿੱਤਾ ਜਾਵੇ।
ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਲਈ ਖੜ੍ਹੀ ਰਹੀ ਹੈ ਅਤੇ ਅੱਗੇ ਵੀ ਰਹੇਗੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਅਸਫਲ ਰਹਿੰਦੀ ਹੈ ਤਾਂ ਕਾਂਗਰਸ ਪਾਰਟੀ ਲੋਕਾਂ ਦੀ ਆਵਾਜ਼ ਬਣ ਕੇ ਸੰਘਰਸ਼ ਕਰੇਗੀ ਅਤੇ ਸਰਕਾਰ ਨੂੰ ਜਵਾਬਦੇਹ ਬਣਾਉਣ ਲਈ ਹਰ ਮੰਚ ‘ਤੇ ਲੜਾਈ ਲੜੇਗੀ। ਉਨ੍ਹਾਂ ਅਖੀਰ ਵਿੱਚ ਕਿਹਾ ਕਿ ਪੰਜਾਬ ਦੇ ਲੋਕ ਹੁਣ ਹਾਲਾਤਾਂ ਨੂੰ ਸਮਝ ਰਹੇ ਹਨ ਅਤੇ ਸਮੇਂ ਆਉਣ ‘ਤੇ ਉਹ ਇਸ ਦਾ ਜਵਾਬ ਜ਼ਰੂਰ ਦੇਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਅਤੇ ਸੁਖ-ਸ਼ਾਂਤੀ ਸਭ ਤੋਂ ਵੱਡੀ ਤਰਜੀਹ ਹੋਣੀ ਚਾਹੀਦੀ ਹੈ ਅਤੇ ਸਰਕਾਰ ਨੂੰ ਇਸ ਵੱਲ ਤੁਰੰਤ ਧਿਆਨ ਦੇਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਨਾਲ ਚਮਕੌਰ ਸਿੰਘ ਮੂਸਾ, ਸੱਤਪਾਲ ਮੂਲੇਵਾਲਾ, ਹਰਵਿੰਦਰ ਸਵੀਟੀ, ਸਵਰਨ ਖੁਡਾਲ, ਤਰਜੀਤ ਸਿੰਘ ਚਹਿਲ, ਰਣਜੀਤ ਦੋਦੜਾ, ਬਲਜੀਤ ਸ਼ਰਮਾ, ਚਰਨਜੀਤ ਸਿੰਘ, ਜਗਦੀਪ ਸਿੰਘ ਜੱਗਾ, ਹਰਬੰਸ ਖਿੱਪਲ, ਰਵਿੰਦਰ ਸ਼ਰਮਾ, ਗੁਰਸੇਵਕ ਬਰੇ, ਕੁਲਵੀਰ ਸਿੰਘ ਗੁੜੱਦੀ, ਸੋਨੀ ਕੁਲਰੀਆਂ, ਸੁਰੇਸ਼ ਸ਼ਰਮਾ, ਮੱਖਣ ਸ਼ਰਮਾ, ਸਤਗੁਰ ਸਿੰਘ ਜਲਵੇੜਾ, ਲਛਮਣ ਦਾਸ ਲਖੀਆ, ਗੁੂਰਪਿਆਰ ਪਿਆਰੀ, ਕਰਮਜੀਤ ਸਿੰਘ ਰੰਘੜਿਆਲ, ਲਾਜਪਤ ਰਾਏ ਸ਼ਰਮਾ, ਖੇਮ ਜਟਾਣਾ, ਵਿਨੋਦ ਸਿੰਗਲਾ ਭੀਖੀ, ਮਨੋਜ ਸਿੰਗਲਾ ਆਦਿ ਹਾਜ਼ਰ ਸਨ।
Leave feedback about this