ਮੰਡੀ ਗੋਬਿੰਦਗੜ੍ਹ, 30 ਸਤੰਬਰ:
ਦੇਸ਼ ਦੀ ਆਜ਼ਾਦੀ ਲਹਿਰ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਣ ਵਾਲੇ ਸੁਤੰਤਰਤਾ ਸੰਗਰਾਮੀ ਸਵ. ਦਲੀਪ ਸਿੰਘ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਅਮਲੋਹ ਰੋਡ ਸਥਿਤ ਸ਼ਮਸ਼ਾਨਘਾਟ ਵਿਖੇ ਪੂਰੀਆਂ ਧਾਰਮਿਕ ਰਹੁ ਰੀਤਾਂ ਤੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅਗਨੀ ਉਨ੍ਹਾਂ ਦੇ ਪੋਤਰੇ ਪਰਮਿੰਦਰ ਸਿੰਘ ਨੇ ਦਿਖਾਈ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਸਮਾਜਿਕ ਤੇ ਧਾਰਮਿਕ ਜਥੇਬੰਦੀਆਂ, ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਨੇ ਵਿਛੜੀ ਰੂਹ ਨੂੰ ਅੰਤਿਮ ਵਿਦਾਇਗੀ ਦਿੱਤੀ। ਇਸ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਹਥਿਆਰ ਪੁੱਠੇ ਕਰਕੇ ਸ਼ੋਕ ਸਲਾਮੀ ਵੀ ਦਿੱਤੀ ਗਈ। ਜਿ਼ਕਰਯੋਗ ਹੈ ਕਿ ਸਵ. ਦਲੀਪ ਸਿੰਘ ਪੁੱਤਰ ਸਵ. ਉਜਾਗਰ ਸਿੰਘ ਨੇ ਦੇਸ਼ ਦੀ ਆਜ਼ਾਦੀ ਦੀ ਲਹਿਰ ਦੌਰਾਨ ਭਾਰਤ ਛੱਡੋ ਅੰਦੋਲਨ ਵਿੱਚ ਹਿੱਸਾ ਲਿਆ ਸੀ ਅਤੇ ਕਈ ਮਹੀਨੇ ਜੇਲ੍ਹ ਕੱਟੀ ਸੀ।
ਅੰਤਿਮ ਸਸਕਾਰ ਮੌਕੇ ਜਿ਼ਲ੍ਹਾ ਪ੍ਰਸ਼ਾਸਨ ਦੀ ਤਰਫੋਂ ਉਪ ਮੰਡਲ ਮੈਜਿਸਟਰੇਟ ਅਮਲੋਹ ਚੇਤਨ ਬੰਗੜ ਅਤੇ ਜਿ਼ਲ੍ਹਾ ਪੁਲਿਸ ਦੀ ਤਰਫੋਂ ਡੀ.ਐਸ.ਪੀ ਗੁਰਦੀਪ ਸਿੰਘ ਨੇ ਦੁਸ਼ਾਲੇ ਤੇ ਰੀਥ ਰੱਖ ਕੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।ਪੀੜਤ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਐਸ.ਡੀ.ਐਮ ਚੇਤਨ ਬੰਗੜ ਨੇ ਕਿਹਾ ਕਿ ਦੁੱਖ ਦੀ ਇਸ ਘੜੀ ਵਿੱਚ ਜਿ਼ਲ੍ਹਾ ਪ੍ਰਸ਼ਾਸਨ ਪੀੜਤ ਪਰਿਵਾਰ ਦੇ ਨਾਲ ਖੜ੍ਹਾ ਹੈ।ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਣ ਵਾਲੇ ਦੇਸ਼ਭਗਤਾਂ ਤੇ ਸੂਰਵੀਰਾਂ ਸਦਕਾ ਹੀ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ।
ਅੰਤਿਮ ਵਿਦਾਇਗੀ ਮੌਕੇ ਸ਼ਰਧਾ ਦੇ ਫੁੱਲ ਭੇਟ ਕਰਨ ਵਾਲਿਆਂ ਵਿੱਚ ਨਾਇਬ ਤਹਿਸੀਲਦਾਰ ਹਰਪਾਲ ਸਿੰਘ, ਕਾਨੂੰਗੋ ਕਰਮਜੀਤ ਸਿੰਘ, ਐਮਸੀ ਰਜਿੰਦਰ ਕੁਮਾਰ, ਰਿਸ਼ਤੇਦਾਰ ਤੇ ਸਨੇਹੀ, ਸੰਗਠਨਾਂ ਦੇ ਨੁਮਾਇੰਦੇ ਤੇ ਸ਼ਹਿਰੀ ਪਤਵੰਤੇ ਵੀ ਵੱਡੀ ਗਿਣਤੀ ਵਿੱਚ ਸ਼ਾਮਲ ਸਨ।
Leave feedback about this