ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਫਤਿਹਗੜ੍ਹ ਚੂੜੀਆਂ ਤੋਂ ਵਿਧਾਇਕ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਪੰਜਾਬ ਵਿਧਾਨ ਸਭਾ ਵੱਲੋਂ ‘ਪੰਜਾਬ ਪਵਿੱਤਰ ਧਾਰਮਿਕ ਗ੍ਰੰਥਾਂ ਦੇ ਵਿਰੁੱਧ ਅਪਰਾਧਾਂ ਦੀ ਰੋਕਥਾਮ ਸਬੰਧੀ ਬਿੱਲ-2025’ ਸਬੰਧੀ ਬਣਾਈ 15 ਮੈਂਬਰੀ ਸਿਲੈਕਟ ਕਮੇਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਸ੍ਰੀ ਬਾਜਵਾ ਨੇ ਅਸਤੀਫ਼ਾ ਕੁਝ ਸਮੇਂ ਪਹਿਲਾਂ ਦਿੱਤਾ ਸੀ ਜਿਸ ਦਾ ਅੱਜ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।
ਸ੍ਰੀ ਬਾਜਵਾ ਨੇ ਕਿਹਾ ਕਿ ਉਨ੍ਹਾਂ ਪਿਛਲੇ ਦਿਨੀਂ ਗੋਡਿਆਂ ਦਾ ਅਪਰੇਸ਼ਨ ਕਰਵਾਇਆ ਸੀ ਜਿਸ ਕਰ ਕੇ ਡਾਕਟਰਾਂ ਨੇ ਉਨ੍ਹਾਂ ਨੂੰ ਆਰਾਮ ਕਰਨ ਲਈ ਆਖਿਆ ਹੈ ਅਤੇ ਉਹ ਸਿਲੈਕਟ ਕਮੇਟੀ ਦੀਆਂ ਮੀਟਿੰਗਾਂ ਵਿੱਚ ਸ਼ਾਮਲ ਨਹੀਂ ਹੋ ਸਕਦੇ ਹਨ। ਉਹ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਨਾਲ ਜੁੜੇ ਮਾਮਲਿਆਂ ਵਿੱਚ ਕਿਸੇ ਵੀ ਕਿਸਮ ਦੀ ਢਿੱਲ ਨਹੀਂ ਵਰਤਣਾ ਚਾਹੁੰਦੇ ਹਨ ਜਿਸ ਕਾਰਨ ਉਨ੍ਹਾਂ ਕਮੇਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਬਿੱਲ ਵਿੱਚ ਉਮਰ ਕੈਦ ਤੱਕ ਦੀ ਸਜ਼ਾ ਦਾ ਪ੍ਰਬੰਧ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਲਿਆਂਦੇ ਗਏ ‘ਪੰਜਾਬ ਪਵਿੱਤਰ ਧਾਰਮਿਕ ਗ੍ਰੰਥਾਂ ਦੇ ਵਿਰੁੱਧ ਅਪਰਾਧਾਂ ਦੀ ਰੋਕਥਾਮ ਬਿੱਲ-2025’ ਵਿੱਚ ਦੋਸ਼ੀਆਂ ਲਈ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਦੀ ਤਜਵੀਜ਼ ਰੱਖੀ ਗਈ ਹੈ। ਇਸ ਤੋਂ ਇਲਾਵਾ ਪੰਜ ਲੱਖ ਰੁਪਏ ਤੋਂ ਲੈ ਕੇ 10 ਲੱਖ ਰੁਪਏ ਤੱਕ ਦੇ ਜੁਰਮਾਨੇ ਦਾ ਵੀ ਪ੍ਰਬੰਧ ਕੀਤਾ ਗਿਆ ਹੈ।
Leave feedback about this